ਆਪਣੇ ਰੁਜ਼ਗਾਰ ਨੂੰ ਪੱਕਾ ਕਰਾਉਣ ਲਈ ਅੱਜ ਮੋਹਾਲੀ ਤੋਂ ਚੰਡੀਗੜ੍ਹ ਮੁੱਖ ਮੰਤਰੀ ਰਿਹਾਇਸ਼ ਵੱਲ ਵਧਦੇ ਕੱਚੇ ਅਧਿਆਪਕਾਂ ਨੂੰ ਬੈਰੀਕੇਡ ਲਾ ਕੇ ਰੋਕਿਆ ਗਿਆ, ਜਲ ਤੋਪਾਂ ਦੀਆਂ ਅੰਨੇਵਾਹ ਬੁਛਾੜਾਂ ਮਾਰੀਆਂ ਗਈਆਂ ਅਤੇ ਲਾਠੀਚਾਰਜ ਕੀਤਾ ਗਿਆ। ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ , ਜ਼ਿਲ੍ਹਾ ਇਕਾਈ ਪਟਿਆਲਾ ਦੇ ਆਗੂ ਨਵਨੀਤ ਅਨਾਇਤਪੁਰੀ, ਤਲਵਿੰਦਰ ਖਰੌੜ, ਮੈਡਮ ਸਨੇਹਦੀਪ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਤੇ ਚੰਡੀਗੜ੍ਹ ਪੁਲਿਸ ਦੀ ਇਸ ਵਹਿਸ਼ੀਆਨਾ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਗੂਆਂ ਨੇ ਦੱਸਿਆ ਕਿ ਵੱਖ ਵੱਖ ਵਲੰਟੀਅਰ ਕੈਟਾਗਰੀਆਂ ਦੇ ਕੱਚੇ ਅਧਿਆਪਕ ਸਿੱਖਿਆ ਵਿਭਾਗ ਵਿੱਚ ਪਿਛਲੇ ਅਠਾਰਾਂ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਕੱਚੇ ਅਧਿਆਪਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ‘ਤੇ ਤੁਰੰਤ ਪੱਕਾ ਕੀਤਾ ਜਾਵੇਗਾ। ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਰੁਜਗਾਰ ਪੱਕਾ ਨਹੀਂ ਕੀਤਾ ਗਿਆ ਸਗੋਂ ਨਵੀਆਂ ਸ਼ਰਤਾਂ, ਟੈਸਟ ਪਾਸ ਕਰਨਾ ਆਦਿ ਥੋਪ ਕੇ ਧੱਕਾ ਕੀਤਾ ਜਾ ਰਿਹਾ ਹੈ, ਵਾਅਦਾ ਖਿਲਾਫੀ ਕੀਤੀ ਜਾ ਰਹੀ ਹੈ। ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀਆਂ ਨਾਲ ਦੋ ਚਾਰ ਹੋ ਰਹੇ ਇਹ ਅਧਿਆਪਕ ਜਿੰਦਗੀ ਨੂੰ ਦਾਅ ‘ਤੇ ਲਾ ਰਹੇ ਹਨ। ਕਈ ਅਧਿਆਪਕ ਖੁਦਕੁਸ਼ੀ ਦੀ ਕੋਸ਼ਿਸ਼ ਵੀ ਕਰ ਚੁੱਕੇ ਹਨ ਪਰ ਪੰਜਾਬ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਆਪਣੇ ਜੀਵਨ ਦਾ ਅਹਿਮ ਹਿੱਸਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਰਪਿਤ ਕਰਨ ਵਾਲੇ, ਪ੍ਰਾਇਮਰੀ ਸਿੱਖਿਆ ਦਾ ਧੁਰਾ ਇਹ ਅਧਿਆਪਕ ਬੇਗਾਨਗੀ ਦਾ ਸੰਤਾਪ ਹੰਢਾ ਰਹੇ ਹਨ। ਜ਼ਿਲ੍ਹਾ ਆਗੂਆਂ ਨੇ ਆਖਿਆ ਕਿ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਸੂਬਾ ਸਰਕਾਰ ਤੋਂ ਮੰਗ ਕਰਦਾ ਹੈ ਕਿ ਕੱਚੇ ਅਧਿਆਪਕਾਂ ਨੂੰ ਬਿਨਾ ਸ਼ਰਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ,